ਚੰਡੀਗੜ੍ਹ, 19 ਮਈ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਸੂਬੇ ਦੀ ਜਨਤਾ ਨੂੰ ਬਿਹਤਰ, ਸੁਰੱਖਿਅਤ ਅਤੇ ਅਨੁਸ਼ਾਸਿਤ ਟ੍ਰਾਂਸਪੋਰਟ ਸੇਵਾਵਾਂ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਫੈਸਲਾ ਕੀਤਾ ਹੈ ਅਤੇ ਹੁਣ ਹਰਿਆਣਾ ਰਾਜ ਟ੍ਰਾਂਸਪੋਰਟ ਦੀਆਂ ਸਾਰੀਆਂ ਐਚ.ਵੀ.ਏ.ਸੀ. ਬੱਸਾਂ ਨੂੰ ਜਲਪਾਨ ਲਈ ਸਿਰਫ਼ ਹਰਿਆਣਾ ਸੈਰ-ਸਪਾਟਾ ਵਿਭਾਗ ਦੇ ਅਧਿਕਾਰਤ ਢਾਬਿਆਂ 'ਤੇ ਹੀ ਰੋਕਿਆ ਜਾਵੇਗਾ।
ਟ੍ਰਾਂਸਪੋਰਟ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਿਆਣਾ ਰਾਜ ਟ੍ਰਾਂਸਪੋਰਟ ਦੇ ਮਹਾਨਿਦੇਸ਼ਕ ਵੱਲੋਂ ਸੂਬੇ ਦੇ ਸਾਰੇ ਜਨਰਲ ਮੈਨੇਜਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਟ੍ਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਦੱਸਿਆ ਕਿ ਇਸ ਫੈਸਲੇ ਦਾ ਮੁੱਖ ਉਦੇਸ਼ ਯਾਤਰੀਆਂ ਨੂੰ ਸਵੱਛ, ਗੁਣਵੱਤਾ ਭਰਪੂਰ ਅਤੇ ਭਰੋਸੇਮੰਦ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਯਾਤਰੀਆਂ ਨੂੰ ਸੁਰੱਖਿਅਤ ਅਤੇ ਬਿਹਤਰ ਮਾਹੌਲ ਵਿੱਚ ਜਲਪਾਨ ਦੀ ਸਹੂਲਤ ਮਿਲ ਸਕੇ।
ਸ਼੍ਰੀ ਵਿੱਜ ਨੇ ਦੱਸਿਆ ਕਿ ਹਰਿਆਣਾ ਸੈਰ-ਸਪਾਟਾ ਵਿਭਾਗ ਦੇ ਢਾਬੇ ਗੁਣਵੱਤਾ, ਸਵੱਛਤਾ ਅਤੇ ਸਰਕਾਰੀ ਮਾਪਦੰਡਾਂ ਅਨੁਸਾਰ ਸੰਚਾਲਿਤ ਹੁੰਦੇ ਹਨ। ਅਜਿਹੇ ਵਿੱਚ ਰਾਜ ਟ੍ਰਾਂਸਪੋਰਟ ਦੀਆਂ ਐਚ.ਵੀ.ਏ.ਸੀ. ਬੱਸਾਂ ਨੂੰ ਸਿਰਫ਼ ਅਧਿਕਾਰਤ ਸੈਰ-ਸਪਾਟਾ ਢਾਬਿਆਂ (ਹਰਿਆਣਾ ਖੇਤਰ) 'ਤੇ ਰੋਕਣ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਟ੍ਰਾਂਸਪੋਰਟ ਵਿਵਸਥਾ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਅਨੁਸ਼ਾਸਨ ਯਕੀਨੀ ਹੋਵੇਗਾ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਹਰਿਆਣਾ ਖੇਤਰ ਵਿੱਚ ਕਿਸੇ ਵੀ ਸਥਿਤੀ ਵਿੱਚ ਐਚ.ਵੀ.ਏ.ਸੀ. ਬੱਸਾਂ ਨੂੰ ਨਿੱਜੀ ਢਾਬਿਆਂ 'ਤੇ ਨਾ ਰੋਕਿਆ ਜਾਵੇ। ਇਸ ਦੇ ਲਈ ਸਾਰੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਟ੍ਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਪੱਧਰ 'ਤੇ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਸਬੰਧਤ ਡਰਾਈਵਰ ਜਾਂ ਕੰਡਕਟਰ ਦੇ ਵਿਰੁੱਧ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਵਿੱਜ ਨੇ ਦੱਸਿਆ ਕਿ ਹਰਿਆਣਾ ਸਰਕਾਰ ਯਾਤਰੀਆਂ ਨੂੰ ਆਧੁਨਿਕ, ਸੁਰੱਖਿਅਤ ਅਤੇ ਬਿਹਤਰ ਟ੍ਰਾਂਸਪੋਰਟ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਤਾਰ ਯਤਨਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਟ੍ਰਾਂਸਪੋਰਟ ਵਿਭਾਗ ਵਿੱਚ ਅਨੁਸ਼ਾਸਨ, ਪਾਰਦਰਸ਼ਤਾ ਅਤੇ ਯਾਤਰੀਆਂ ਦੀ ਸਹੂਲਤ ਸਰਵਉੱਚ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਹਿੱਤ ਵਿੱਚ ਲੋੜੀਂਦੇ ਫੈਸਲੇ ਲਏ ਜਾਂਦੇ ਰਹਿਣਗੇ।
ਸਲਸਵਿਹ/2026
*****