ਚੰਡੀਗੜ੍ਹ, 22 ਮਈ - ਹਰਿਆਣਾ ਦੇ ਵਿਸ਼ੇਸ਼ ਊਰਜਾ ਸਕੱਤਰ ਅਤੇ ਉੱਤਰ ਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮਾਂ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਸੂਰਿਆ ਘਰ ਮੁਫ਼ਤ ਬਿਜਲੀ ਯੋਜਨਾ ਦੇ ਪ੍ਰਭਾਵਸ਼ਾਲੀ ਅਮਲ ਅਤੇ ਪ੍ਰਗਤੀ ਦੀ ਸਮੀਖਿਆ ਲਈ ਪੰਚਕੂਲਾ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।
ਪ੍ਰਬੰਧ ਨਿਰਦੇਸ਼ਕ ਨੇ ਮੀਟਿੰਗ ਦੌਰਾਨ ਯੋਜਨਾ ਦੇ ਅਧੀਨ ਪ੍ਰਾਪਤ ਅਰਜ਼ੀਆਂ, ਪ੍ਰਵਾਨਿਤ ਮਾਮਲਿਆਂ, ਰੂਫਟਾਪ ਸੋਲਰ ਪਲਾਂਟਾਂ ਦੀ ਸਥਾਪਨਾ ਅਤੇ ਪੈਂਡਿੰਗ ਮਾਮਲਿਆਂ ਦੀ ਵਿਸਥਾਰ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਉਪਭੋਗਤਾਵਾਂ ਨੂੰ ਸਮਾਂਬੱਧ ਲਾਭ ਯਕੀਨੀ ਬਣਾਇਆ ਜਾਵੇ। ਨਾਲ ਹੀ ਵੱਖ-ਵੱਖ ਪੱਧਰਾਂ 'ਤੇ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਉਨ੍ਹਾਂ ਨੇ ਸਾਰੇ ਅਧਿਕਾਰੀਆਂ ਅਤੇ ਵੈਂਡਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਹਾ ਕਿ ਰੂਫਟਾਪ ਸੋਲਰ ਸਿਸਟਮ ਦੀ ਸਥਾਪਨਾ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਮਾਪਦੰਡਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਪਭੋਗਤਾਵਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ ਅਤੇ ਨਿਰਧਾਰਤ ਸਮੇਂ ਦੇ ਅੰਦਰ ਇੰਸਟਾਲੇਸ਼ਨ ਦਾ ਕੰਮ ਪੂਰਾ ਹੋਵੇ। ਵੈਂਡਰਾਂ ਨਾਲ ਬਿਹਤਰ ਤਾਲਮੇਲ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਹਰ ਮਹੀਨੇ ਦੇ ਪਹਿਲੇ ਬੁੱਧਵਾਰ ਨੂੰ ਨਿਯਮਤ ਤਾਲਮੇਲ ਮੀਟਿੰਗ ਆਯੋਜਿਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਹਾਜ਼ਰ ਬੈਂਕ ਅਧਿਕਾਰੀਆਂ ਨੂੰ ਯੋਜਨਾ ਦੇ ਅਧੀਨ ਕਰਜ਼ਾ ਪ੍ਰਵਾਨਗੀ ਅਤੇ ਵੰਡ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਬਣਾਉਣ ਦੀ ਅਪੀਲ ਕੀਤੀ ਗਈ, ਤਾਂ ਜੋ ਉਪਭੋਗਤਾਵਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਅਧਿਕਾਰੀਆਂ ਨੇ ਕਿਹਾ ਕਿ ਬੈਂਕਿੰਗ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕਦਾ ਹੈ।
ਸ੍ਰੀ ਵਿਕਰਮ ਸਿੰਘ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਰਕਲਾਂ ਅਤੇ ਡਿਵੀਜ਼ਨਾਂ ਦੀ ਪ੍ਰਗਤੀ ਰਿਪੋਰਟ ਦਾ ਵੀ ਨਿਰੀਖਣ ਕੀਤਾ। ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਆਪਣੇ ਨਿਰਧਾਰਤ ਟੀਚੇ 1,22,000 ਵਿੱਚੋਂ 36,130 ਕਨੈਕਸ਼ਨ ਜਾਰੀ ਕਰ ਚੁੱਕਾ ਹੈ, ਜਦੋਂ ਕਿ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਆਪਣੇ 1,00,000 ਦੇ ਟੀਚੇ ਵਿੱਚੋਂ 45,605 ਕਨੈਕਸ਼ਨ ਜਾਰੀ ਕਰ ਚੁੱਕਾ ਹੈ। ਇਸ ਤਰ੍ਹਾਂ ਦੋਵਾਂ ਨਿਗਮਾਂ ਵੱਲੋਂ ਕੁੱਲ 81,735 ਕਨੈਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ।
ਪ੍ਰਬੰਧ ਨਿਰਦੇਸ਼ਕ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਫੀਲਡ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾ ਕੇ ਉਪਭੋਗਤਾਵਾਂ ਨੂੰ ਰੂਫਟਾਪ ਸੋਲਰ ਯੋਜਨਾ ਦੇ ਲਾਭਾਂ ਬਾਰੇ ਜਾਗਰੂਕ ਕਰਨ। ਇਸ ਯੋਜਨਾ ਨਾਲ ਉਪਭੋਗਤਾਵਾਂ ਦੇ ਬਿਜਲੀ ਬਿੱਲ ਵਿੱਚ ਕਮੀ ਆਵੇਗੀ ਅਤੇ ਸਵੱਛ ਤੇ ਹਰਿਤ ਊਰਜਾ ਨੂੰ ਪ੍ਰੋਤਸਾਹਨ ਮਿਲੇਗਾ। ਪ੍ਰਧਾਨ ਮੰਤਰੀ ਸੂਰਿਆ ਘਰ ਮੁਫ਼ਤ ਬਿਜਲੀ ਯੋਜਨਾ ਭਾਰਤ ਸਰਕਾਰ ਦੀ ਇੱਕ ਅਹਿਮ ਯੋਜਨਾ ਹੈ, ਜਿਸਦਾ ਉਦੇਸ਼ ਘਰੇਲੂ ਉਪਭੋਗਤਾਵਾਂ ਨੂੰ ਸੌਰ ਊਰਜਾ ਨਾਲ ਜੋੜਨਾ ਅਤੇ ਊਰਜਾ ਦੇ ਖੇਤਰ ਵਿੱਚ ਆਤਮ-ਨਿਰਭਰਤਾ ਨੂੰ ਪ੍ਰੋਤਸਾਹਨ ਦੇਣਾ ਹੈ।
ਸਲਸਵਿਹ/ 2026
*****