ਚੰਡੀਗੜ੍ਹ, 29 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 'ਸਵਸਥ ਹਰਿਆਣਾ-ਸਮ੍ਰਿੱਧ ਹਰਿਆਣਾ' ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਅਤੇ ਸੂਬਾ ਵਾਸੀਆਂ ਦੀ ਬਿਹਤਰ ਸਿਹਤ ਤੇ ਸਨਮਾਨਜਨਕ ਜੀਵਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਸਿਹਤ ਖੇਤਰ ਦੀਆਂ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀਆਂ 9 ਮਹੱਤਵਪੂਰਨ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।
ਇਸ ਮੌਕੇ ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਵੀ ਮਜੂਦ ਸਨ।
ਮੁੱਖ ਮੰਤਰੀ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ 22.29 ਕਰੋੜ ਰੁਪਏ ਦੀ ਲਾਗਤ ਨਾਲ 30 ਸਿਹਤ ਸੰਸਥਾਵਾਂ ਦਾ ਉਦਘਾਟਨ ਕੀਤਾ ਅਤੇ 21.50 ਕਰੋੜ ਰੁਪਏ ਦੀ ਲਾਗਤ ਨਾਲ 16 ਸਿਹਤ ਸੰਸਥਾਵਾਂ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਸਿਵਲ ਹਸਪਤਾਲ ਸੋਨੀਪਤ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਰੇਸਟ ਹਾਊਸ ਦਾ ਨੀਂਹ ਪੱਥਰ ਰੱਖਿਆ ਅਤੇ 0.34 ਕਰੋੜ ਰੁਪਏ ਪ੍ਰਤੀ ਸਾਲ ਦੀ ਲਾਗਤ ਨਾਲ 23 ਜ਼ਿਲ੍ਹਾ ਹਸਪਤਾਲਾਂ ਵਿੱਚ “ਸਵਸਥ ਨਾਰੀ, ਸਸ਼ਕਤ ਪਰਿਵਾਰ ਕਲੀਨਿਕ” (ਮਹਿਲਾ ਕਲੀਨਿਕ) ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਪੀ.ਪੀ. ਮਾਡਲ ਤਹਿਤ ਸੀ.ਟੀ. ਸਕੈਨ ਅਤੇ ਐਮ.ਆਰ.ਆਈ. ਸੇਵਾਵਾਂ ਦਾ ਵਿਸਥਾਰ ਕਰਦਿਆਂ 12 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਪਾਣੀਪਤ ਤੇ ਕੁਰੂਕਸ਼ੇਤਰ ਵਿੱਚ ਐਮ.ਆਰ.ਆਈ. ਅਤੇ ਸਬ-ਡਿਵੀਜ਼ਨਲ ਹਸਪਤਾਲ ਬਹਾਦੁਰਗੜ੍ਹ ਤੇ ਜ਼ਿਲ੍ਹਾ ਹਸਪਤਾਲ ਦਾਦਰੀ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਸੀ.ਟੀ. ਸਕੈਨ ਸੇਵਾਵਾਂ ਦੀ ਸ਼ੁਰੂਆਤ ਕੀਤਾ।
ਮੁੱਖ ਮੰਤਰੀ ਨੇ ਦਿਲ ਦੇ ਰੋਗਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਲਈ 600 ਸਿਹਤ ਸੰਸਥਾਵਾਂ ਵਿੱਚ 3 ਕਰੋੜ ਰੁਪਏ ਪ੍ਰਤੀ ਸਾਲ ਦੀ ਲਾਗਤ ਨਾਲ ਟੈਲੀ-ਈ.ਸੀ.ਜੀ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਿਟੀ (ਸੀਐਸਆਰ) ਤਹਿਤ 24 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਐਨਸਥੀਸੀਆ ਵਰਕਸਟੇਸ਼ਨ, ਡਿਫਿਬ੍ਰਿਲੇਟਰ, ਐਕਸ-ਰੇ ਮਸ਼ੀਨ, ਟਰੂਨੈੱਟ ਮਸ਼ੀਨ ਅਤੇ ਆਈ.ਸੀ.ਯੂ. ਬੈੱਡਾਂ ਦੀ ਵਿਵਸਥਾ ਦੀ ਸ਼ੁਰੂਆਤ ਕੀਤੀ ਗਈ। ਨਾਲ ਹੀ 3.60 ਕਰੋੜ ਰੁਪਏ ਪ੍ਰਤੀ ਸਾਲ ਦੀ ਲਾਗਤ ਨਾਲ ਮਹਾਰਿਸ਼ੀ ਚਯਵਨ ਮੈਡੀਕਲ ਕਾਲਜ, ਕੋਰੀਆਵਾਸ (ਨਾਰਨੌਲ) ਅਤੇ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਰਕਾਰੀ ਮੈਡੀਕਲ ਕਾਲਜ ਛਾਂਯਸਾ (ਫ਼ਰੀਦਾਬਾਦ) ਵਿੱਚ ਮੁਫ਼ਤ ਡਾਇਲਸਿਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ 1.73 ਕਰੋੜ ਰੁਪਏ ਦੀ ਲਾਗਤ ਨਾਲ 23 ਜ਼ਿਲ੍ਹਾ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਬ੍ਰਾਂਡਡ ਦਵਾਈਆਂ ਸਸਤੀਆਂ ਦਰਾਂ 'ਤੇ ਮੁਹੱਈਆ ਕਰਵਾਉਣ ਲਈ 'ਅੰਮ੍ਰਿਤ ਫਾਰਮੇਸੀ' ਦਾ ਨੀਂਹ ਪੱਥਰ ਰੱਖਿਆ ਗਿਆ ਅਤੇ 0.91 ਕਰੋੜ ਰੁਪਏ ਦੀ ਲਾਗਤ ਨਾਲ 4600 ਆਸ਼ਾ ਵਰਕਰਾਂ ਲਈ ਆਪਦਾ ਪ੍ਰਬੰਧਨ ਦੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਮੁੱਖ ਮੰਤਰੀ ਨੇ ਇਸ ਮੌਕੇ ਸਮਾਰੋਹ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖ਼ਾਸ ਹੈ ਕਿਉਂਕਿ ਅਸੀਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ 12 ਸਾਲਾਂ ਦੀ ਜਨ-ਸੇਵਾ ਯਾਤਰਾ ਦਾ ਗੌਰਵਪੂਰਣ ਉਤਸਵ ਮਨਾ ਰਹੇ ਹਾਂ। ਇਨ੍ਹਾਂ 12 ਸਾਲਾਂ ਵਿੱਚ ਭਾਰਤ ਨੇ ਸਿਹਤ ਖੇਤਰ ਵਿੱਚ ਜੋ ਇਤਿਹਾਸਕ ਬਦਲਾਅ ਦੇਖਿਆ ਹੈ, ਉਹ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਗਰੀਬ ਪਰਿਵਾਰ ਇਲਾਜ ਲਈ ਵੱਡੇ ਸ਼ਹਿਰਾਂ ਦੇ ਚੱਕਰ ਕੱਟਦੇ ਸਨ। ਬੀਮਾਰੀ ਸਿਰਫ਼ ਸਰੀਰਕ ਪੀੜਾ ਹੀ ਨਹੀਂ ਦਿੰਦੀ ਸੀ, ਸਗੋਂ ਪਰਿਵਾਰ ਦੀ ਆਰਥਿਕ ਸਥਿਤੀ ਵੀ ਤੋੜ ਦਿੰਦੀ ਸੀ। ਪਰ ਅੱਜ ਆਯੁਸ਼ਮਾਨ ਭਾਰਤ ਯੋਜਨਾ, ਜਨ ਔਸ਼ਧੀ ਕੇਂਦਰ, ਡਿਜੀਟਲ ਹੈਲਥ ਮਿਸ਼ਨ, ਮੈਡੀਕਲ ਕਾਲਜਾਂ ਦੇ ਵਿਸਥਾਰ ਅਤੇ ਆਧੁਨਿਕ ਜਾਂਚ ਸਹੂਲਤਾਂ ਨੇ ਸਿਹਤ ਸੇਵਾਵਾਂ ਨੂੰ ਗਰੀਬ ਦੇ ਘਰ-ਘਰ ਤੱਕ ਪਹੁੰਚਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਟੀਚਾ ਦਿੱਤਾ ਸੀ ਕਿ ਹਰ ਜ਼ਿਲ੍ਹਾ ਹਸਪਤਾਲ ਆਪਣੇ ਸ਼ਹਿਰ ਦਾ ਸਭ ਤੋਂ ਬਿਹਤਰ ਹਸਪਤਾਲ ਬਣੇ। ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਹਰਿਆਣਾ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਤੇਜ਼ੀ ਨਾਲ ਬਦਲਾਅ ਦਿਖਾਈ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਜ਼ਿਲ੍ਹੇ ਤੱਕ ਹਾਈ-ਏਂਡ ਡਾਇਗਨੌਸਟਿਕ (ਉੱਚ-ਪੱਧਰੀ ਜਾਂਚ) ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸੀ.ਟੀ. ਸਕੈਨ ਸੇਵਾਵਾਂ ਉਪਲਬਧ ਹਨ। ਇਸ ਤੋਂ ਇਲਾਵਾ, 7 ਜ਼ਿਲ੍ਹਿਆਂ ਵਿੱਚ ਐਮ.ਆਰ.ਆਈ. ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਅਲਟਰਾਸਾਊਂਡ ਅਤੇ ਬਲੱਡ ਐਨਾਲਾਈਜ਼ਰ ਸਹੂਲਤਾਂ ਮੌਜੂਦ ਹਨ। ਇਸ ਵਿੱਤੀ ਸਾਲ ਦੇ ਬਜਟ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਵੀ ਸੀ.ਟੀ. ਸਕੈਨ, ਐਮ.ਆਰ.ਆਈ. ਅਤੇ ਡਿਜੀਟਲ ਐਕਸ-ਰੇ ਮਸ਼ੀਨਾਂ ਦੀ ਵਿਵਸਥਾ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 13 ਹੋਰ ਜ਼ਿਲ੍ਹਾ ਹਸਪਤਾਲਾਂ ਵਿੱਚ ਐਮ.ਆਰ.ਆਈ. ਸੇਵਾਵਾਂ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਆਉਣ ਵਾਲੇ ਸਮੇਂ ਵਿੱਚ ਹਰਿਆਣਾ ਦਾ ਨਾਗਰਿਕ ਆਪਣੇ ਹੀ ਜ਼ਿਲ੍ਹੇ ਵਿੱਚ ਵਿਸ਼ਵ ਪੱਧਰੀ ਜਾਂਚ ਸਹੂਲਤਾਂ ਦਾ ਲਾਭ ਲੈ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 22 ਜ਼ਿਲ੍ਹਾ ਹਸਪਤਾਲਾਂ ਵਿੱਚ ਡੇ-ਕੇਅਰ ਕੈਂਸਰ ਸੈਂਟਰ ਸ਼ੁਰੂ ਕੀਤੇ ਗਏ ਹਨ। ਹੁਣ ਕੈਂਸਰ ਦੇ ਮਰੀਜ਼ਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਇਲਾਜ ਦੀ ਸਹੂਲਤ ਮਿਲੇਗੀ। ਇਸ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਨੂੰ ਹੀ ਜੀਵਨ ਦੀ ਸੁਰੱਖਿਆ ਮੰਨਿਆ ਜਾਂਦਾ ਹੈ, ਇਸ ਲਈ ਅਸੀਂ ਜਾਂਚ ਸੇਵਾਵਾਂ ਦਾ ਦਾਇਰਾ ਵਿਸ਼ਾਲ ਕਰ ਰਹੇ ਹਾਂ। ਪਿਛਲੇ ਸਾਲ ਪੀ.ਪੀ.ਪੀ. ਮਾਡਲ ਰਾਹੀਂ ਜ਼ਿਲ੍ਹਾ ਹਸਪਤਾਲਾਂ ਵਿੱਚ ਲਗਭਗ 2 ਲੱਖ ਡਾਇਲਸਿਸ ਸੈਸ਼ਨ, 1 ਲੱਖ 65 ਹਜ਼ਾਰ ਸੀ.ਟੀ. ਸਕੈਨ, 70 ਹਜ਼ਾਰ ਐਮ.ਆਰ.ਆਈ. ਸਕੈਨ, 36 ਹਜ਼ਾਰ ਈਕੋ ਕਾਰਡੀਓਗ੍ਰਾਫੀ ਅਤੇ ਹਜ਼ਾਰਾਂ ਕੋਰੋਨਰੀ ਐਂਜੀਓਗ੍ਰਾਮ ਤੇ ਸਟੈਂਟ ਟ੍ਰਾਂਸਪਲਾਂਟ ਕੀਤੇ ਗਏ। ਇਹ ਅੰਕੜੇ ਦੱਸਦੇ ਹਨ ਕਿ ਹੁਣ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਆਪਣੇ ਜ਼ਿਲ੍ਹੇ ਵਿੱਚ ਹੀ ਮਿਲ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ 'ਤੇ ਵੀ ਨਿਰਭਰ ਕਰਦੀ ਹੈ। ਪਿਛਲੇ ਸਾਲ 777 ਮੈਡੀਕਲ ਅਫ਼ਸਰਾਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ 450 ਮੈਡੀਕਲ ਅਫ਼ਸਰਾਂ ਦੀ ਭਰਤੀ ਆਖ਼ਰੀ ਪੜਾਅ ਵਿੱਚ ਹੈ। ਆਉਣ ਵਾਲੇ ਸਮੇਂ ਵਿੱਚ ਹਰਿਆਣਾ ਦੇ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਉਪਲਬਧਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਸਥ ਨਾਗਰਿਕ ਕਿਸੇ ਵੀ ਰਾਜ ਦੀ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ। ਇਸੇ ਸੋਚ ਨਾਲ ਅਸੀਂ ਸਿਹਤ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ ਹੈ। ਇਸ ਸਾਲ ਸਿਹਤ ਖੇਤਰ ਦੇ ਬਜਟ ਵਿੱਚ 32.89 ਫੀਸਦੀ ਦਾ ਵਾਧਾ ਕਰਦਿਆਂ 14 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2014 ਵਿੱਚ ਅਸੀਂ ਜਨ-ਸੇਵਾ ਦੀ ਜ਼ਿੰਮੇਵਾਰੀ ਸੰਭਾਲੀ ਸੀ, ਉਦੋਂ ਸੂਬੇ ਦਾ ਸਿਹਤ ਬਜਟ ਸਿਰਫ਼ 2 ਹਜ਼ਾਰ 646 ਕਰੋੜ ਰੁਪਏ ਸੀ, ਜੋ ਅੱਜ ਕਈ ਗੁਣਾ ਵਧ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਅਸੀਂ ਸਾਲ 2014 ਵਿੱਚ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦਾ ਸੰਕਲਪ ਲਿਆ ਸੀ। ਉਸ ਸਮੇਂ ਹਰਿਆਣਾ ਵਿੱਚ ਸਿਰਫ਼ 6 ਮੈਡੀਕਲ ਕਾਲਜ ਸਨ, ਅੱਜ ਉਨ੍ਹਾਂ ਦੀ ਗਿਣਤੀ ਵਧ ਕੇ 17 ਹੋ ਚੁੱਕੀ ਹੈ। ਇਸ ਤੋਂ ਇਲਾਵਾ ਐਮ.ਬੀ.ਬੀ.ਐਸ. ਦੀਆਂ ਸੀਟਾਂ 700 ਤੋਂ ਵਧ ਕੇ 2 ਹਜ਼ਾਰ 710 ਹੋ ਗਈਆਂ ਹਨ। ਇਸੇ ਤਰ੍ਹਾਂ ਨਰਸਿੰਗ, ਫਿਜ਼ੀਓਥੈਰੇਪੀ ਅਤੇ ਪੈਰਾਮੈਡੀਕਲ ਸਿੱਖਿਆ ਦਾ ਵੀ ਤੇਜ਼ੀ ਨਾਲ ਵਿਸਥਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 550 ਐਂਬੂਲੈਂਸਾਂ ਦਾ ਨੈੱਟਵਰਕ ਸਥਾਪਿਤ ਕੀਤਾ ਗਿਆ ਹੈ ਅਤੇ ਉਸ ਨੂੰ ਡਾਇਲ-112 ਨਾਲ ਜੋੜਿਆ ਗਿਆ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਫ਼ੋਨ ਆਉਂਦੇ ਹੀ 9 ਤੋਂ 10 ਮਿੰਟਾਂ ਵਿੱਚ ਐਂਬੂਲੈਂਸ ਉੱਥੇ ਪਹੁੰਚ ਜਾਂਦੀ ਹੈ। ਇਸ ਵਿੱਤੀ ਸਾਲ ਦੇ ਬਜਟ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 70 ਨਵੀਆਂ ਐਡਵਾਂਸ ਲਾਈਫ਼ ਸਪੋਰਟ ਐਂਬੂਲੈਂਸਾਂ ਅਤੇ 167 ਨਵੀਆਂ ਬੇਸਿਕ ਲਾਈਫ਼ ਸਪੋਰਟ ਐਂਬੂਲੈਂਸਾਂ ਖਰੀਦਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਆਧੁਨਿਕ ਸਿਹਤ ਸਹੂਲਤਾਂ ਦੇ ਨਾਲ-ਨਾਲ ਯੋਗ, ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਵੀ ਅਪੀਲ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਆਸ਼ਾ ਵਰਕਰਾਂ ਲਈ ਆਪਦਾ ਜਾਗਰੂਕਤਾ ਅਤੇ ਫ਼ਸਟ ਏਡ ਸਿਖਲਾਈ ਪ੍ਰੋਗਰਾਮ ਦੀ ਸਿਖਲਾਈ ਪੁਸਤਿਕਾ ਵੀ ਰਿਲੀਜ਼ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਿਟੀ ਤਹਿਤ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਬੀ.ਪੀ.ਸੀ.ਐਲ. ਫਾਊਂਡੇਸ਼ਨ, ਐਚ.ਡੀ.ਐਫ.ਸੀ. ਬੈਂਕ ਅਤੇ ਜਨਾ ਬੈਂਕ ਦੇ ਨੁਮਾਇੰਦਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਅਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਿਹਤ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਟੀਚਾ ਸਿਰਫ਼ ਇਲਾਜ ਦੇਣਾ ਨਹੀਂ, ਸਗੋਂ ਹਰ ਨਾਗਰਿਕ ਤੱਕ ਬਿਹਤਰ, ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਜਿਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ, ਉਹ ਸੂਬੇ ਦੇ ਲੱਖਾਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣਗੇ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਿਹਤ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ “ਸਵਸਥ ਨਾਰੀ, ਸਸ਼ਕਤ ਪਰਿਵਾਰ ਕਲੀਨਿਕ” (ਮਹਿਲਾ ਕਲੀਨਿਕ) ਸ਼ੁਰੂ ਕੀਤੇ ਗਏ ਹਨ, ਜਿੱਥੇ ਮਹਿਲਾਵਾਂ ਨੂੰ ਸਰਵਾਈਕਲ ਕੈਂਸਰ, ਬ੍ਰੈਸਟ ਕੈਂਸਰ, ਐਨੀਮੀਆ, ਮੀਨੋਪੌਜ਼ ਵਰਗੀਆਂ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਮਿਲੇਗੀ।
ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਅੱਜ ਦਾ ਮੌਕਾ ਸਿਰਫ਼ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਦਾ ਪ੍ਰੋਗਰਾਮ ਨਹੀਂ ਹੈ, ਸਗੋਂ ਇਹ ਸੂਬੇ ਦੇ ਸਿਹਤ ਖੇਤਰ ਵਿੱਚ ਹੋ ਰਹੇ ਵਿਆਪਕ ਬਦਲਾਅ ਅਤੇ ਜਨ-ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੈ, ਉਸ ਨਾਲ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਮਿਲੇਗੀ।
ਇਸ ਮੌਕੇ ਤੇ ਕਾਲਕਾ ਦੀ ਵਿਧਾਇਕ ਸ਼੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਹਰਿਆਣਾ ਯੋਗ ਆਯੋਗ ਦੇ ਚੇਅਰਮੈਨ ਡਾ. ਜੈਦੀਪ ਆਰਿਆ, ਮੇਅਰ ਸ਼੍ਰੀ ਸ਼ਾਮ ਲਾਲ ਬੰਸਲ, ਪ੍ਰਦੇਸ਼ ਉਪ-ਪ੍ਰਧਾਨ ਸ਼੍ਰੀਮਤੀ ਬੰਤੋ ਕਟਾਰੀਆ, ਜ਼ਿਲ੍ਹਾ ਪ੍ਰਧਾਨ ਸ਼੍ਰੀ ਅਜੇ ਮਿੱਤਲ, ਸ਼ਿਵਾਲਿਕ ਵਿਕਾਸ ਬੋਰਡ ਦੇ ਉਪ-ਪ੍ਰਧਾਨ ਸ਼੍ਰੀ ਓਮ ਪ੍ਰਕਾਸ਼ ਦੇਵੀਨਗਰ, ਐਨ.ਐਚ.ਐਮ. ਦੇ ਪ੍ਰਬੰਧਕੀ ਨਿਦੇਸ਼ਕ ਸ਼੍ਰੀ ਆਰ.ਐਸ. ਢਿੱਲੋਂ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਨਿਦੇਸ਼ਕ ਸ਼੍ਰੀ ਯਸ਼ੇਂਦਰ ਸਿੰਘ, ਮਹਾਨਿਦੇਸ਼ਕ ਸਿਹਤ ਸੇਵਾਵਾਂ ਡਾ. ਮਨੀਸ਼ ਬੰਸਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਅੱਤਰੇ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।
ਸਲਸਵਿਹ/2026
*****