CM Press Release
azadi ka amrit mahotsav

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ

Posted On: 31 May 2026 4:58PM


ਚੰਡੀਗੜ੍ਹ, 31 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿੱਚ ਮਿਲੀਆਂ ਹੋਈਆਂ ਹਨ ਅਤੇ ਦੋਵਾਂ ਦੀ ਵਿਚਾਰਧਾਰਾ ਇੱਕੋ ਜਿਹੀ ਹੈ। ਪੰਜਾਬ ਵਿੱਚ ਹੋਈਆਂ ਸਥਾਨਕ ਚੋਣਾਂ (ਨਿਕਾਏ ਚੋਣਾਂ) ਵਿੱਚ ਜਿਸ ਤਰ੍ਹਾਂ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਗਈਆਂ, ਉਸ ਨੇ ਲੋਕਤੰਤਰਿਕ ਵਿਵਸਥਾ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬੈਲਟ ਪੇਪਰ ਨਾਲ ਚੋਣਾਂ ਕਰਵਾ ਕੇ ਪੰਜਾਬ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣੀ ਹਾਰ ਤੋਂ ਡਰੀ ਹੋਈ ਸੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਕਪੂਰਥਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰੇ ਕਰਨ ਵਿੱਚ ਅਸਫਲ ਰਹੀ। ਜਨਤਾ ਹੁਣ ਸਮਝ ਚੁੱਕੀ ਹੈ ਕਿ ਸਿਰਫ਼ ਐਲਾਨ ਕਰਨ ਅਤੇ ਸਬਜ਼ਬਾਗ ਦਿਖਾਉਣ ਨਾਲ ਵਿਕਾਸ ਨਹੀਂ ਹੁੰਦਾ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿੱਚੋਂ ਆਖਰ ਕਿੰਨੇ ਵਾਅਦੇ ਪੂਰੇ ਕੀਤੇ ਗਏ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਦੇ ਨਾਂ ਤੇ ਲੋੜੀਂਦੇ ਕੰਮ ਨਹੀਂ ਹੋਏ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋਈ ਹੈ। ਪੰਜਾਬ ਵਿੱਚ ਗੈਂਗਸਟਰਵਾਦ ਨੂੰ ਹੁਲਾਰਾ ਮਿਲਿਆ, ਜਿਸ ਨਾਲ ਆਮ ਨਾਗਰਿਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਯੁੱਧ ਨਸ਼ੇ ਵਿਰੁੱਧਮੁਹਿੰਮ ਵੀ ਲੋੜੀਂਦੇ ਨਤੀਜੇ ਦੇਣ ਵਿੱਚ ਅਸਫਲ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਦੀ ਬਜਾਏ ਸਿਰਫ਼ ਪ੍ਰਚਾਰ ਤੇ ਜ਼ਿਆਦਾ ਧਿਆਨ ਦਿੱਤਾ ਗਿਆ। ਸਰਕਾਰ ਨੂੰ ਇਸ ਦਿਸ਼ਾ ਵਿੱਚ ਗੰਭੀਰ ਯਤਨ ਕਰਨੇ ਚਾਹੀਦੇ ਸਨ, ਪਰ ਜ਼ਮੀਨੀ ਪੱਧਰ ਤੇ ਲੋੜੀਂਦੇ ਨਤੀਜੇ ਦਿਖਾਈ ਨਹੀਂ ਦਿੱਤੇ।

ਹਰਿਆਣਾ ਦੀ ਡਬਲ ਇੰਜਣ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਦਿੱਤੀ ਗਤੀ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਦੇ ਮਾਧਿਅਮ ਰਾਹੀਂ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਦਾ ਕਾਰਜ ਕੀਤਾ ਹੈ। ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਰਾਜ ਸਰਕਾਰ ਦੀ ਚਿਰਯੂ ਯੋਜਨਾ ਨੂੰ ਜੋੜ ਕੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਗਿਆ ਹੈ। ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਇਲਾਜ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਸਰਕਾਰ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਵਿਕਾਸਮੁਖੀ ਨੀਤੀਆਂ ਤੇ ਵਿਸ਼ਵਾਸ ਜਤਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਮਲ ਖਿਲਾਉਣ ਦਾ ਕੰਮ ਕਰੇਗੀ। ਜਨਤਾ ਵਿਕਾਸ, ਸੁਸ਼ਾਸਨ ਅਤੇ ਜਵਾਬਦੇਹੀ ਦੀ ਰਾਜਨੀਤੀ ਚਾਹੁੰਦੀ ਹੈ ਅਤੇ ਸਿਰਫ਼ ਵਾਅਦਿਆਂ ਨਾਲ ਹੁਣ ਸੰਤੁਸ਼ਟ ਨਹੀਂ ਹੋਵੇਗੀ।

ਸਲਸਵਿਹ/ 2026

 

*****

 


(Release ID: 2226)