ਚੰਡੀਗੜ੍ਹ, 5 ਜੂਨ : ਹਰਿਆਣਾ ਵਿੱਚ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਣਵੱਤਾ ਭਰੋਸਾ ਅਥਾਰਟੀ (QAA) ਇੱਕ ਮਜ਼ਬੂਤ ਅਤੇ ਤਕਨੀਕ ਅਧਾਰਤ ਨਿਗਰਾਨੀ ਪ੍ਰਣਾਲੀ ਵਿਕਸਿਤ ਕਰ ਰਹੀ ਹੈ। ਅਥਾਰਟੀ ਦੇ ਚੇਅਰਮੈਨ ਸ੍ਰੀਰਾਜੀਵ ਅਰੋੜਾ ਨੇ ਕਿਹਾ ਕਿ ਰਾਜ ਵਿੱਚ ਸਰਕਾਰ ਵੱਲੋਂ ਬਣਾਏ ਜਾਣ ਵਾਲੇ ਹਰ ਪ੍ਰੋਜੈਕਟ ਦੀ ਗੁਣਵੱਤਾ ਯਕੀਨੀ ਬਣਾਉਣਾ ਸਰਵਉੱਚ ਪ੍ਰਾਥਮਿਕਤਾ ਹੈ ਅਤੇ ਇਸ ਦੇ ਲਈ ਨਿਰਮਾਣ ਕਾਰਜਾਂ ਦੀ ਨਿਗਰਾਨੀ, ਟੈਸਟਿੰਗ ਅਤੇ ਮੁਲਾਂਕਣ ਦੀ ਪੂਰੀ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਤੌਰ 'ਤੇ ਇਸ ਦੇ ਲਈ ਡਿਜੀਟਲ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਵਿੱਚ ਅਜਿਹੀ ਵਿਵਸਥਾ ਵਿਕਸਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਪ੍ਰੋਜੈਕਟ ਦੀ ਯੋਜਨਾਬੰਦੀ, ਡਿਜ਼ਾਈਨ, ਡੀ.ਪੀ.ਆਰ., ਨਿਰਮਾਣ ਅਤੇ ਰੱਖ-ਰਖਾਅ ਦੇ ਹਰੇਕ ਪੜਾਅ ਦੀ ਗੁਣਵੱਤਾ ਦਾ ਵਿਗਿਆਨਕ ਮੁਲਾਂਕਣ ਕੀਤਾ ਜਾ ਸਕੇ। ਇੰਨਾ ਹੀ ਨਹੀਂ, ਖੁਦ ਮੁੱਖ ਮੰਤਰੀ ਸ੍ਰੀਨਾਇਬ ਸਿੰਘ ਸੈਣੀ ਵੀ ਸਮੇਂ-ਸਮੇਂ 'ਤੇ ਇਸ ਸਬੰਧੀ ਵਿਸ਼ੇਸ਼ ਮੀਟਿੰਗਾਂ ਕਰਕੇ ਨਿਗਰਾਨੀ ਕਰ ਰਹੇ ਹਨ। ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਪ੍ਰਵਾਨ ਨਹੀਂ ਹੈ ਅਤੇ ਹਰੇਕ ਪੱਧਰ 'ਤੇ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸੇ ਨਿਰਦੇਸ਼ ਦੀ ਪਾਲਣਾ ਨੂੰ ਅੱਗੇ ਵਧਾਉਂਦੇ ਹੋਏ ਗੁਣਵੱਤਾ ਭਰੋਸਾ ਅਥਾਰਟੀ (QAA) ਇੱਕ ਵਿਸ਼ੇਸ਼ ਰਣਨੀਤੀ ਤਹਿਤ ਕੰਮ ਕਰ ਰਹੀ ਹੈ। ਛੋਟੇ ਤੋਂ ਲੈ ਕੇ ਵੱਡੇ ਕੰਮਾਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ, ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਵੀ ਕੀਤੇ ਜਾ ਰਹੇ ਹਨ। ਨਿਰਮਾਣ ਕਾਰਜਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਜਾਂਚ ਲਈ ਵਿਸ਼ੇਸ਼ ਲੈਬ ਵੀ ਬਣਾਈ ਜਾ ਰਹੀ ਹੈ।
ਸ੍ਰੀਰਾਜੀਵ ਅਰੋੜਾ ਨੇ ਕਿਹਾ ਕਿ QAA ਦਾ ਉਦੇਸ਼ ਸਿਰਫ ਕਮੀਆਂ ਨੂੰ ਉਜਾਗਰ ਕਰਨਾ ਨਹੀਂ ਹੈ, ਬਲਕਿ ਇੰਜੀਨੀਅਰਿੰਗ ਵਿਭਾਗਾਂ ਵਿੱਚ ਗੁਣਵੱਤਾ ਅਧਾਰਤ ਕਾਰਜ ਸੱਭਿਆਚਾਰ ਨੂੰ ਵਿਕਸਿਤ ਕਰਨਾ ਹੈ। ਇਸੇ ਦਿਸ਼ਾ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰੋਜੈਕਟਾਂ ਦਾ ਤਕਨੀਕੀ ਆਡਿਟ ਕੀਤਾ ਜਾ ਰਿਹਾ ਹੈ, ਤਾਂ ਜੋ ਨਿਰਮਾਣ ਕਾਰਜਾਂ ਦੀ ਅਸਲ ਸਥਿਤੀ ਦਾ ਮੁਲਾਂਕਣ ਕਰਕੇ ਸਮੇਂ ਸਿਰ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਸਾਰੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ ਥਰਡ ਪਾਰਟੀ ਇੰਸਪੈਕਸ਼ਨ ਅਤੇ ਮੋਨੀਟਰਿੰਗ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਹਰੇਕ ਪ੍ਰੋਜੈਕਟ ਵਾਲੀ ਥਾਂ 'ਤੇ ਕਿਊ.ਆਰ. ਕੋਡ ਅਧਾਰਤ ਸੂਚਨਾ ਪ੍ਰਣਾਲੀ ਲਾਗੂ ਕਰਨ ਦੀ ਯੋਜਨਾ ਹੈ। ਇਸ ਨਾਲ ਨਾਗਰਿਕ ਪ੍ਰੋਜੈਕਟ ਦੀ ਲਾਗਤ, ਸਮਾਂ-ਸੀਮਾ, ਏਜੰਸੀ ਅਤੇ ਪ੍ਰਗਤੀ ਨਾਲ ਸਬੰਧਤ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ, ਪ੍ਰੋਜੈਕਟਾਂ ਦੀ ਬੇਲੋੜੀ ਵੰਡ 'ਤੇ ਰੋਕ ਲਗਾਉਣ ਅਤੇ ਡਿਜ਼ਾਈਨ ਪੱਧਰ 'ਤੇ ਹੀ ਡਰੇਨੇਜ ਅਤੇ ਜਲ ਨਿਕਾਸੀ ਵਰਗੀਆਂ ਜ਼ਰੂਰੀ ਵਿਵਸਥਾਵਾਂ ਨੂੰ ਸ਼ਾਮਲ ਕਰਨ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਚੇਅਰਮੈਨ ਸ੍ਰੀਰਾਜੀਵ ਅਰੋੜਾ ਨੇ ਕਿਹਾ ਕਿ ਆਧੁਨਿਕ ਇੰਜੀਨੀਅਰਿੰਗ ਤਕਨੀਕਾਂ ਅਤੇ ਗੁਣਵੱਤਾ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾਉਣ ਲਈ ਅਧਿਕਾਰੀਆਂ ਅਤੇ ਇੰਜੀਨੀਅਰਾਂ ਦੇ ਵਿਆਪਕ ਸਿਖਲਾਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਹੁਣ ਹਰਿਆਣਾ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਗੁਣਵੱਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਨਵੇਂ ਮਾਪਦੰਡ ਸਥਾਪਤ ਕਰਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।
ਸਲਸਵਿਹ/2026
*****