Irrigation & Water Resources
azadi ka amrit mahotsav

ਸੂਬੇ ਵਿੱਚ ਹੜ੍ਹ ਨਿਯੰਤਰਣ ਲਈ ਉਪਕਰਨਾਂ ਦੀ 30 ਕਰੋੜ ਤੋਂ ਵੱਧ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ - ਮੰਤਰੀ ਸ਼ਰੂਤੀ ਚੌਧਰੀ

Posted On: 23 Jun 2026 4:59PM

ਚੰਡੀਗੜ੍ਹ, 23 ਜੂਨ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਦੀ ਅਗਵਾਈ ਹੇਠ ਅੱਜ ਇੱਥੇ ਸਿਵਲ ਸਕੱਤਰੇਤ ਵਿੱਚ ਵਿਭਾਗੀ ਉੱਚ-ਅਧਿਕਾਰ ਪ੍ਰਾਪਤ ਖਰੀਦ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਵਿੱਚ ਆਗਾਮੀ ਮਾਨਸੂਨ ਦੇ ਮੱਦੇਨਜ਼ਰ ਹੜ੍ਹ ਨਿਯੰਤਰਣ ਲਈ ਫੈਸਲੇ ਲਏ ਗਏ। ਮੀਟਿੰਗ ਵਿੱਚ ਡੀਐਚਪੀਪੀਸੀ ਦੇ ਮੈਂਬਰ ਅਤੇ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ।

ਮੀਟਿੰਗ ਦੌਰਾਨ ਕਮੇਟੀ ਨੇ ਜਲ ਭਰਾਵ ਅਤੇ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਾਈਪਾਂ ਅਤੇ ਹਾਈ-ਪਾਵਰ ਵਾਟਰ ਪੰਪਾਂ ਦੀ ਖਰੀਦ ਨਾਲ ਸਬੰਧਤ ਸਾਰੇ 16 ਏਜੰਡਿਆਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ। ਇਨ੍ਹਾਂ ਉਪਕਰਨਾਂ ਅਤੇ ਸਮੱਗਰੀਆਂ ਦੀ ਖਰੀਦ 'ਤੇ ਸੂਬਾ ਸਰਕਾਰ ਵੱਲੋਂ 30 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਹੇਠਲੇ ਇਲਾਕਿਆਂ ਵਿੱਚ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ ਨੂੰ ਭਾਰੀ ਮਜ਼ਬੂਤੀ ਮਿਲੇਗੀ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਨਿਯੰਤਰਣ ਨਾਲ ਜੁੜੀ ਸਾਰੀ ਸਮੱਗਰੀ ਦੀ ਸਪਲਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ। ਸਪਲਾਇਰਾਂ ਦੁਆਰਾ ਨਿਰਧਾਰਤ ਸਪਲਾਈ ਪ੍ਰੋਗਰਾਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮਾਨਸੂਨ ਦੇ ਆਉਣ ਤੋਂ ਪਹਿਲਾਂ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਤਾਂ ਜੋ ਜਨਤਾ ਨੂੰ ਜਲ ਭਰਾਵ ਦੀ ਸਮੱਸਿਆ ਤੋਂ ਬਚਾਇਆ ਜਾ ਸਕੇ।

ਮੰਤਰੀ ਨੇ ਕਿਹਾ ਕਿ ਵਿਭਾਗ ਦਾ ਮੁੱਖ ਟੀਚਾ ਹਰ ਨਾਗਰਿਕ ਦੀ ਸੁਰੱਖਿਆ ਅਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਪਾਣੀ ਵਿੱਚ ਡੁੱਬਣ ਤੋਂ ਬਚਾਉਣਾ ਹੈ। ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਵੀ ਵਿਭਾਗੀ ਪੱਧਰ 'ਤੇ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਤੁਰੰਤ ਫੈਸਲੇ ਜ਼ਮੀਨੀ ਪੱਧਰ 'ਤੇ ਹੜ੍ਹ ਨਿਯੰਤਰਣ ਵਿੱਚ 'ਗੇਮ-ਚੇਂਜਰ' ਸਾਬਤ ਹੋਣਗੇ। ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਕਨੀਕੀ ਮਾਹਿਰ ਵੀ ਮੌਜੂਦ ਸਨ, ਜਿਨ੍ਹਾਂ ਨੇ ਖਰੀਦ ਪ੍ਰਕਿਰਿਆਵਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਦੇ ਮਾਪਦੰਡਾਂ ਦੀ ਰੂਪ-ਰੇਖਾ ਸਾਂਝੀ ਕੀਤੀ।

ਸਲਸਵਿਹ/ 2026

 

*****

 


(Release ID: 3122)