ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਸਰਵਉੱਚ ਪਹਿਲ
ਚੰਡੀਗੜ੍ਹ, 6 ਸਤੰਬਰ:
ਹਰਿਆਣਾ ਸਰਕਾਰ ਨੇ ਸਥਾਨਕ ਸਰਕਾਰਾਂ ਵਿੱਚ ਪਾਲਿਕਾ ਰੋਲ 'ਤੇ ਤਾਇਨਾਤ ਸਫ਼ਾਈ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ (ਜੌਬ ਸਕਿਓਰਿਟੀ), ਨਿਯਮਤ ਤਨਖਾਹ ਵਾਧੇ ਅਤੇ ਹੋਰ ਸਹੂਲਤਾਂ ਰਾਹੀਂ ਬਿਹਤਰ ਸਮਾਜਿਕ-ਆਰਥਿਕ ਸੁਰੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲ ਕੀਤੀ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਹਨਾਂ ਕਰਮਚਾਰੀਆਂ ਨੂੰ ਹਰਿਆਣਾ ਠੇਕਾ ਕਰਮਚਾਰੀ (ਸੇਵਾ ਦੀ ਸੁਰੱਖਿਆ) ਐਕਟ, 2024 ਦੇ ਘੇਰੇ ਵਿੱਚ ਲਿਆਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ, ਤਾਂ ਜੋ ਉਹਨਾਂ ਨੂੰ ਰੈਗੂਲਰ ਕਰਮਚਾਰੀਆਂ ਦੇ ਲਗਭਗ ਬਰਾਬਰ ਲਾਭ ਉਪਲਬਧ ਕਰਵਾਏ ਜਾ ਸਕਣ।
ਮੌਜੂਦਾ ਸਮੇਂ ਵਿੱਚ ਸੂਬੇ ਦੇ ਨਗਰ ਨਿਗਮਾਂ ਵਿੱਚ 13,093 ਪਾਲਿਕਾ ਰੋਲ 'ਤੇ ਸਫ਼ਾਈ ਕਰਮਚਾਰੀ ਕੰਮ ਕਰ ਰਹੇ ਹਨ। ਇਹਨਾਂ ਕਰਮਚਾਰੀਆਂ ਨੂੰ ਮੌਜੂਦਾ ਸਮੇਂ ਵਿੱਚ 20,590 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਸਰਕਾਰ ਦੁਆਰਾ ਇਸ ਐਕਟ ਦੇ ਘੇਰੇ ਵਿੱਚ ਲਿਆਉਣ ਦੇ ਫ਼ੈਸਲੇ ਨਾਲ ਇਹਨਾਂ ਕਰਮਚਾਰੀਆਂ ਦੇ ਭਵਿੱਖ ਨੂੰ ਵਧੇਰੇ ਸੁਰੱਖਿਅਤ ਅਤੇ ਸਨਮਾਨਜੋਗ ਬਣਾਉਣ ਦਾ ਰਾਹ ਪੱਧਰਾ ਹੋਵੇਗਾ। ਸਰਕਾਰ ਦੀ ਇਸ ਪਹਿਲ ਨਾਲ ਪਾਲਿਕਾ ਰੋਲ ਦੇ ਸਫ਼ਾਈ ਕਰਮਚਾਰੀਆਂ ਦੀ 60 ਸਾਲ ਦੀ ਉਮਰ ਤੱਕ ਸੇਵਾ ਦੀ ਸੁਰੱਖਿਆ ਨਿਸ਼ਚਿਤ ਹੋ ਸਕੇਗੀ। ਇਸ ਦੇ ਨਾਲ ਹੀ ਉਹਨਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਜੋਖਮ ਭੱਤਾ (ਰਿਸਕ ਅਲਾਊਂਸ) ਵੀ ਮਿਲੇਗਾ। ਸਫ਼ਾਈ ਕਰਮਚਾਰੀਆਂ ਦੇ ਕੰਮ ਦੀ ਪ੍ਰਕਿਰਤੀ ਅਤੇ ਉਹਨਾਂ ਦੁਆਰਾ ਰੋਜ਼ਾਨਾ ਕੀਤੇ ਜਾਣ ਵਾਲੇ ਮਹੱਤਵਪੂਰਨ ਕੰਮਾਂ ਨੂੰ ਦੇਖਦੇ ਹੋਏ ਇਹ ਕਦਮ ਉਹਨਾਂ ਪ੍ਰਤੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।
ਸਰਕਾਰ ਨੇ ਐਕਟ ਦੇ ਤਹਿਤ ਮਿਲਣ ਵਾਲੇ ਲਾਭਾਂ ਤੋਂ ਵੀ ਅੱਗੇ ਵਧਾਇਆ ਕਦਮ:
ਸਰਕਾਰ ਨੇ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਹੋਰ ਸਿਧਾਂਤਕ ਫ਼ੈਸਲਾ ਲੈਂਦਿਆਂ ਐਕਟ ਦੇ ਤਹਿਤ ਮਿਲਣ ਵਾਲੀ ਯੋਗਤਾ ਤੋਂ ਇਲਾਵਾ ਮਹੀਨਾਵਾਰ ਤਨਖਾਹ ਵਿੱਚ 15 ਫ਼ੀਸਦੀ ਵਾਧੂ ਰਾਸ਼ੀ ਦੇਣ 'ਤੇ ਵੀ ਸਿਧਾਂਤਕ ਸਹਿਮਤੀ ਪ੍ਰਗਟਾਈ ਹੈ। ਇਸ ਨਾਲ ਪਾਲਿਕਾ ਰੋਲ 'ਤੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਫ਼ਾਈ ਕਰਮਚਾਰੀਆਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ। ਪਾਲਿਕਾ ਰੋਲ 'ਤੇ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਮਹੀਨਾਵਾਰ ਮਿਲਣਯੋਗ ਰਾਸ਼ੀ ਵਧ ਕੇ 25,560 ਰੁਪਏ ਹੋ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਹਰ ਛੇ ਮਹੀਨਿਆਂ ਬਾਅਦ ਮਹਿੰਗਾਈ ਭੱਤਾ ਵਧਾਉਣ 'ਤੇ ਵੀ ਸਿਧਾਂਤਕ ਤੌਰ 'ਤੇ ਸਹਿਮਤ ਹੈ।
ਸਮਾਜਿਕ ਸੁਰੱਖਿਆ ਦੇ ਨਾਲ ਸਨਮਾਨਜੋਗ ਭਵਿੱਖ ਦੀ ਗਾਰੰਟੀ:
ਹਰਿਆਣਾ ਠੇਕਾ ਕਰਮਚਾਰੀ ਐਕਟ, 2024 ਦੇ ਤਹਿਤ ਯੋਗ ਕਰਮਚਾਰੀਆਂ ਨੂੰ ਸਾਲਾਨਾ ਮਹਿੰਗਾਈ ਭੱਤਾ, ਡੈੱਥ-ਕਮ-ਗ੍ਰੈਚੂਟੀ, ਮੈਟਰਨਿਟੀ ਲੀਵ, ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ (HKRNL) ਦੇ ਤਹਿਤ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਅਤੇ ਨਿਯੁਕਤੀ ਨਾਲ ਸਬੰਧਤ ਸਹੂਲਤਾਂ ਉਪਲਬਧ ਹੋ ਸਕਣਗੀਆਂ। ਸਰਕਾਰ ਨੇ ਕਰਮਚਾਰੀਆਂ ਲਈ ਗ੍ਰੈਚੂਟੀ ਦਾ ਲਾਭ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੀ ਕਦਮ ਵਧਾਇਆ ਹੈ। ਇਸ ਤਰ੍ਹਾਂ ਸਰਕਾਰ ਦੀ ਇਹ ਪਹਿਲ ਕੇਵਲ ਤਨਖਾਹ ਵਧਾਉਣ ਤੱਕ ਸੀਮਤ ਨਹੀਂ ਹੈ, ਸਗੋਂ ਸਫ਼ਾਈ ਕਰਮਚਾਰੀਆਂ ਨੂੰ ਲੰਬੇ ਸਮੇਂ ਦੀ ਨੌਕਰੀ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਅਤੇ ਆਰਥਿਕ ਸਥਿਰਤਾ ਪ੍ਰਦਾਨ ਕਰਨ ਦੀ ਵਿਆਪਕ ਪਹਿਲ ਹੈ।
ਸਫ਼ਾਈ ਕਰਮਚਾਰੀਆਂ ਦੇ ਯੋਗਦਾਨ ਦਾ ਸਨਮਾਨ:
ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਏ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਪ੍ਰਤੀਕੂਲ ਪ੍ਰਸਥਿਤੀਆਂ ਵਿੱਚ ਵੀ ਪੂਰੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਦਿੰਦੇ ਹਨ। ਅਜਿਹੇ ਵਿੱਚ ਸਰਕਾਰ ਦਾ ਫ਼ਰਜ਼ ਹੈ ਕਿ ਉਹਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ ਅਤੇ ਉਹਨਾਂ ਨੂੰ ਸਨਮਾਨਜੋਗ ਜੀਵਨ ਜਿਊਣ ਲਈ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ’ ਦੀ ਭਾਵਨਾ ਨਾਲ ਸਮਾਜ ਦੇ ਹਰ ਵਰਗ ਦੇ ਭਲੇ ਲਈ ਵਚਨਬੱਧ ਹੈ। ਪਾਲਿਕਾ ਰੋਲ ਦੇ ਸਫ਼ਾਈ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ, ਬਿਹਤਰ ਤਨਖਾਹ ਅਤੇ ਸਮਾਜਿਕ ਸੁਰੱਖਿਆ ਲਾਭ ਪ੍ਰਦਾਨ ਕਰਨ ਦਾ ਇਹ ਸਿਧਾਂਤਕ ਫ਼ੈਸਲਾ ਇਸੇ ਵਚਨਬੱਧਤਾ ਦਾ ਹਿੱਸਾ ਹੈ।
ਸਲਸਵਿਹ/2026
*****